ਪਿੰਡ ਵਲਟੋਹਾ ਵਿਖੇ ਗਲੀ ਵਿਚ ਖੇਡਦੇ ਸਮੇਂ ਜੇਬ ਵਿਚੋਂ ਡਿੱਗੇ ਮੋਬਾਈਲ ਨੂੰ ਵਾਪਸ ਨਾ ਮੋੜਨ ‘ਤੇ ਹੋਈ ਤਕਰਾਰ ਨੇ ਖ਼ੂਨੀ ਰੂਪ ਧਾਰਨ ਕਰ ਲਿਆ, ਜਿਸ ਦੌਰਾਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਹਾਲਾਂਕਿ ਥਾਣਾ ਵਲਟੋਹਾ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਕੀਤੀ ਸ਼ਿਕਾਇਤ ‘ਚ ਗੁਰਅਵਤਾਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਵਲਟੋਹਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨਾਂ੍ਹ ਦੇ ਬੱਚੇ ਗਲੀ ਵਿਚ ਖੇਡ ਰਹੇ ਸਨ ਕਿ ਇਸ ਦੌਰਾਨ ਉਨ੍ਹਾਂ ਦਾ ਮੋਬਾਈਲ ਗਲੀ ਵਿਚ ਡਿੱਗ ਗਿਆ, ਜੋ ਉਨ੍ਹਾਂ ਦੇ ਗੁਆਂਢ ਰਹਿੰਦੇ ਇਕ ਵਿਅਕਤੀ ਨੂੰ ਲੱਭ ਗਿਆ, ਜਿਸ ਨੂੰ ਉਨ੍ਹਾਂ ਨੇ ਮੋਬਾਈਲ ਵਾਪਸ ਕਰਨ ਦੀ ਬੇਨਤੀ ਕੀਤੀ ਤਾਂ ਉਕਤ ਵਿਅਕਤੀ ਨੇ ਸਾਫ਼ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਮੋਬਾਈਲ ਹੁਣ ਉਸ ਦਾ ਹੈ ਅਤੇ ਉਹ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਮੋਬਾਈਲ ਵਾਪਸ ਨਹੀਂ ਕਰੇਗਾ।
ਇਸ ਦੌਰਾਨ ਉਨ੍ਹਾਂ ਦੀ ਆਪਸ ਵਿਚ ਤਕਰਾਰ ਹੋ ਗਈ ਤਾਂ ਉਕਤ ਵਿਅਕਤੀ ਨੇ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਬਾਅਦ ‘ਚ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਕੇ ਇਨਸਾਫ਼ ਦੇਣ ਦਾ ਭਰੋਸਾ ਦਿੱਤਾ। ਪੁਲਿਸ ਦੇ ਜਾਣ ਤੋਂ ਬਾਅਦ ਉਕਤ ਵਿਅਕਤੀ ਨੇ ਆਪਣੇ ਸਾਥੀਆਂ ਨੂੰ ਬੁਲਾ ਲਿਆ, ਜਿਨ੍ਹਾਂ੍ਹ ਨੇ ਕਥਿਤ ਤੌਰ ‘ਤੇ ਉਨ੍ਹਾਂ ਦੇ ਘਰ ‘ਚ ਦਾਖ਼ਲ ਹੋ ਕੇ ਇੱਟਾਂ ਰੋੜੇ ਮਾਰਨੇ ਸ਼ੁਰੂ ਕਰ ਦਿੱਤੇ। ਇੱਟ ਮਾਰ ਕੇ ਉਸ ਦੇ ਪਿਤਾ ਕਰਤਾਰ ਸਿੰਘ ਦਾ ਸਿਰ ਪਾੜ ਦਿੱਤਾ, ਜਦਕਿ ਉਸਦੇ ਭਰਾ ਗੁਰਸੇਵਕ ਸਿੰਘ ਤੇ ਰਵੇਲ ਸਿੰਘ ਨੂੰ ਵੀ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਵੱਲੋਂ ਰੌਲਾ ਪਾਉਣ ‘ਤੇ ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਵਿਅਕਤੀਆਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਧਰ, ਜਦੋਂ ਤਫਤੀਸ਼ੀ ਅਫਸਰ ਏਐੱਸਆਈ ਸਵਿੰਦਰਪਾਲ ਸਿੰਘ ਨਾਲ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।