ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਸਿਵਲ ਸਰਜਨ ਡਾ ਵਿਵੇਕ ਕਟਾਰੀਆ ਦੀ ਅਗਵਾਈ ਵਿੱਚ ਜ਼ਿਲ੍ਹੇ ਅੰਦਰ “ਹਰ ਸ਼ੁਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਤਹਿਤ ਲਗਾਤਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਵਰਕਸ਼ਾਪ ਵਿਚ ਡੇਂਗੂ ਦਾ ਲਾਰਵਾ ਚੈਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਸਹਾਇਕ ਸਿਵਲ ਸਰਜਨ ਡਾ.ਵਿਵੇਕ ਕਟਾਰੀਆ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਵਰਕਸ਼ਾਪ ਦੇ ਕਰਮਚਾਰੀਆਂ ਨੂੰ ਡੇਂਗੂ ਦੀ ਜਾਂਚ, ਡੇਂਗੂ ਦੇ ਲੱਛਣ, ਡੇਂਗੂ ਤੋਂ ਬਚਾਅ ਅਤੇ ਇਸ ਦੇ ਇਲਾਜ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦਸਿਆ ਕਿ ਵਰਕਸ਼ਾਪ ਵਿਚ ਪੁਰਾਣੇ ਟਾਇਰ ਕਾਫੀ ਮਾਤਰਾ ਵਿਚ ਪਏ ਸਨ ਜਿਨ੍ਹਾਂ ਵਿਚ ਪਾਣੀ ਖੜਾ ਹੋਣ ਕਾਰਨ ਡੇਂਗੂ ਦਾ ਲਾਰਵਾ ਪੈਦਾ ਹੋਣ ਦਾ ਖ਼ਦਸ਼ਾ ਸੀ। ਸਿਹਤ ਵਿਭਾਗ ਦੀ ਟੀਮ ਵਲੋਂ ਮੌਕੇ ਤੇ ਹੀ ਟਾਇਰਾ ਵਿੱਚ ਲਾਰਵੀਸਾਈਡ ਸਪਰੇ ਕਰਵਾਇਆ ਗਿਆ। ਉਨਾਂ ਦੱਸਿਆ ਕਿ ਡੇਂਗੂ ਮੱਛਰ ਦੇ ਕੱਟਣ ਨਾਲ ਫੈਲਦਾ ਹੈ।
ਡੇਂਗੂ ਦਾ ਮੱਛਰ ਇਸ ਤਾਪਮਾਨ ਵਿਚ ਵਧੇਰੇ ਪਨਪਦਾ ਹੈ ਜੋ ਕੇ 7 ਤੋਂ 10 ਦਿਨ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਹਰ ਸ਼ੁੱਕਰਵਾਰ ਨੂੰ ਡੇਂਗੂ ਦਾ ਲਾਰਵਾ ਪੈਂਦਾ ਹੋਣ ਵਾਲੀਆ ਥਾਵਾਂ ਜਿਵੇਂ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਆਦਿ ਨੂੰ ਸਾਫ ਕਰਨਾ ਤੇ ਸੁਕਾਉਣਾ ਚਾਹੀਦਾ ਹੈ। ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ ਨੇ ਜਾਗਰੁਕ ਕਰਦਿਆਂ ਦਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ਼ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਬੁਖਾਰ ਹੋਣ ਤੇ ਮਾਹਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਰਜਿੰਦਰਸਿੰਘ, ਏ ਐਮ ਓ. ਮਨਪ੍ਰੀਤ ਸਿੰਘ, ਐਸ ਆਈ ਸਤਿੰਦਰ ਸਿੰਘ ਆਦਿ ਹਾਜ਼ਰ ਸਨ।